ਜਲੰਧਰ ਪੰਜਾਬ ਦੈਨਿਕ ਨਿਊਜ (ਮੁਨੀਸ਼ ਤੋਖੀ) ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਦੇ ਵਲੋਂ ਦਿੱਤੇ 16 ਫਰਵਰੀ ਦੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਜ਼ੋਰਦਾਰ ਤਿਆਰੀਆਂ ਵਿੱਢਣ ਖਾਤਰ ਅੱਜ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਵੱਖ ਵੱਖ ਵਰਗਾਂ ਨਾਲ ਸਬੰਧਤ ਜਥੇਬੰਦੀਆਂ ਦੀ ਭਰਵੀਂ ਮੀਟਿੰਗ ਹੋਈ। ਇਸ ਭਰਵੀਂ ਮੀਟਿੰਗ ਵਿੱਚ ਕਿਸਾਨਾਂ,ਪੇਂਡੂ/ਖੇਤ ਮਜ਼ਦੂਰਾਂ, ਉਸਾਰੀ ਅਤੇ ਮਨਰੇਗਾ ਕਾਮੇ, ਬਿਜਲੀ, ਰੋਡਵੇਜ਼, ਅਧਿਆਪਕ, ਜਮਹੂਰੀ ਅਧਿਕਾਰ ਅਤੇ ਹੋਰ ਮੁਲਾਜ਼ਮ ਜੱਥੇਬੰਦੀਆਂ, ਨੌਜਵਾਨ ਅਤੇ ਔਰਤਾਂ ਦੀਆਂ ਦੋ ਦਰਜਨ ਦੇ ਕਰੀਬ ਜੱਥੇਬੰਦੀਆਂ ਨੇ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ।ਇਸ ਮੌਕੇਵਿਦਿਆਰਥੀਆਂ,ਰੇਲਵੇ,ਬੈਂਕ,ਆੜਤੀ ਐਸੋਸੀਏਸ਼ਨਾਂ,ਦੋਧੀ ਡੈਅਰੀ ਦੇ ਧੰਦੇ ਨਾਲ ਜੁੜੀਆਂ ਜੱਥੇਬੰਦੀਆਂ ਨੇ ਭਾਰਤ ਬੰਦ ਭਰਵਾਂ ਸਮਰਥਨ ਦੇਣ ਦੇ ਸੁਨੇਹੇ ਵੀ ਭੇਜੇ। ਮੀਟਿੰਗ ਨੇ 16 ਫਰਵਰੀ ਦੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਦਿਨ ਰਾਤ ਇੱਕ ਕਰ ਦੇਣ ਦਾ ਅਹਿਦ ਲਿਆ ਅਤੇ ਜ਼ਿਲ੍ਹੇ ਭਰ ਵਿੱਚ ਸ਼ਾਮ 4 ਵਜੇ ਤੱਕ ਮੁਕੰਮਲ ਬੰਦ ਕੀਤਾ ਜਾਵੇਗਾ। ਮੀਟਿੰਗ ਦੀ ਪ੍ਰਧਾਨਗੀ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਸਰਬਸ਼੍ਰੀ ਬਲਵਿੰਦਰ ਸਿੰਘ ਮੱਲੀ ਨੰਗਲ, ਮੁਕੇਸ਼ ਚੰਦਰ ਰਾਣੀ ਭੱਟੀ, ਸੰਤੋਖ ਸਿੰਘ ਸੰਧੂ, ਟਰੇਡ ਯੂਨੀਅਨਜ਼ ਆਗੂ ਮਾਸਟਰ ਤੀਰਥ ਸਿੰਘ ਬਾਸੀ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਕੀਤੀ।ਸ਼ੁਰੂਆਤੀ ਤੋਰ ‘ਤੇ ਬਲਵਿੰਦਰ ਸਿੰਘ ਮੱਲੀ ਨੰਗਲ, ਮੁਕੇਸ਼ ਚੰਦਰ ਰਾਣੀ ਭੱਟੀ, ਸੰਤੋਖ ਸਿੰਘ ਸੰਧੂ,ਮਾਸਟਰ ਤੀਰਥ ਸਿੰਘ ਬਾਸੀ, ਕਸ਼ਮੀਰ ਸਿੰਘ ਘੁੱਗਸ਼ੋਰ ਨੇ ਸਾਰੀਆਂ ਜੱਥੇਬੰਦੀਆਂ ਸਾਹਮਣੇ ਅਜੰਡਾ ਪੇਸ਼ ਕੀਤਾ। ਮੀਟਿੰਗ ਉਪਰੰਤ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਪਰੋਕਤ ਆਗੂਆਂ ਨੇ ਕਿਹਾ ਕਿ16 ਫਰਵਰੀ ਦਾ ਭਾਰਤ ਬੰਦ ਦੇਸ਼ ਦੇ ਖੇਤੀ ਖੇਤਰ ਸਿੱਖਿਆਂ, ਟਰਾਂਸਪੋਰਟ, ਬਿਜਲੀ ਸਮੇਤ ਪਬਲਿਕ ਸੈਕਟਰ ਉੱਪਰ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਕਾਰਪੋਰੇਟ ਪੱਖੀ ਅਤੇ ਤਾਨਾਸ਼ਾਹ ਨੀਤੀਆਂ ਵਿਰੁੱਧ ਸਖ਼ਤ ਰੋਹ ਦਾ ਪ੍ਰਗਟਾਵਾ ਕਰਨ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੀਤੇ ਵਿੱਚ ਮੋਦੀ ਸਰਕਾਰ ਕਿਸਾਨਾਂ ਦੀਆਂ ਐਮ ਐਸ ਪੀ ਅਤੇ ਕਰਜ਼ਾ ਮੁਕਤੀ ਅਤੇ ਹੋਰ ਮੰਗਾਂ ਨਾਲ ਸਬੰਧਤ ਮਾਮਲਿਆਂ ਨੂੰ ਮੰਨਣ ਦਾ ਲਿਖਤੀ ਵਾਅਦਾ ਕਰਕੇ ਮੁੱਕਰ ਗਈ ਹੈ। ਉਸਨੇ ਇੱਕਲਾ ਕਿਸਾਨਾਂ ਨਾਲ ਹੀ ਵਿਸ਼ਵਾਸਘਾਤ ਨਹੀਂ ਕੀਤਾ ਬਲਕਿ ਸਮਾਜ ਦੇ ਹਰ ਤਬਕਾ ਚਾਹੇ ਉਹ ਮਜ਼ਦੂਰ ਹੋਣ,ਚਾਹੇ ਵਪਾਰੀ ਹੋਣ,ਚਾਹੇ ਦੁਕਾਨਦਾਰ ਹੋਣ,ਚਾਹੇ ਮੁਲਾਜ਼ਮ, ਨੌਜਵਾਨ ਅਤੇ ਔਰਤਾਂ ਹੋਣ ਸੱਭ ਨੂੰ ਹੀ ਆਪਣੀਆਂ ਤਬਾਹਕੁੰਨ ਨੀਤੀਆਂ ਦਾ ਸ਼ਿਕਾਰ ਬਣਾਇਆ ਹੈ।ਚਾਰ ਲੇਬਰ ਕੋਡ, ਅਗਨੀਵੀਰ ਸਕੀਮ, ਕੌਮੀ ਸਿੱਖਿਆਂ ਨੀਤੀ ਅਤੇ ਹੁਣ ਹਿੱਟ ਐਂਡ ਰਨ ਕਾਨੂੰਨ,ਜੀਐਸਟੀ ਆਦਿ ਇੱਕ ਤੋਂ ਬਾਅਦ ਇੱਕ ਮਾਮਲਾ ਇਸ ਦੇ ਗਵਾਹ ਹਨ। ਉਨ੍ਹਾਂ ਸਾਰੀਆਂ ਜੱਥੇਬੰਦੀਆਂ ਹਰੇਕ ਵਰਗ ਤੋਂ 16 ਫਰਵਰੀ ਦੇ ਭਾਰਤ ਬੰਦ ਲਈ ਸਹਿਯੋਗ ਅਤੇ ਸਮਰਥਨ ਦੀ ਅਪੀਲ ਕੀਤੀ।ਮੀਟਿੰਗ ਵਿੱਚ ਹਾਜ਼ਰ ਜੱਥੇਬੰਦੀਆਂ ‘ਚੋਂ ਮੁਲਾਜ਼ਮ ਫੈਡਰੇਸ਼ਨਾਂ ਨੇ ਜਾਣਕਾਰੀ ਦਿੱਤੀ ਕਿ ਉਹ 16 ਨੂੰ ਮੁੰਕਮਲ ਹੜਤਾਲ ਲਈ ਤਿਆਰੀ ਸ਼ੁਰੂ ਕਰ ਚੁੱਕੇ ਹਨ,ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਂਝੇ ਫੋਰਮ ਨੇ ਦੱਸਿਆ ਕਿ ਉਨ੍ਹਾਂ ਨੇ 27 ਜਨਵਰੀ ਨੂੰ ਪੰਜਾਬ ਦੇ ਪ੍ਰਮੁੱਖ ਸਕੱਤਰ ਨੂੰ ਹੜਤਾਲ ਕਰਨ ਸਬੰਧੀ ਨੋਟਿਸ ਭੇਜ ਦਿੱਤਾ ਹੈ, ਹੁਣ ਜ਼ਿਲਿਆਂ ਵਿੱਚ ਅੱਜ ਡਿਪਟੀ ਕਮਿਸ਼ਨਰਾਂ ਰਾਹੀਂ ਵੀ ਪੰਜਾਬ ਸਰਕਾਰ ਨੂੰ ਹੜਤਾਲ ਕਰਨ ਸਬੰਧੀ ਨੋਟਿਸ ਭੇਜੇ ਜਾ ਰਹੇ ਹਨ। ਸਨਅਤੀ ਖੇਤਰ ਦੀਆਂ ਜੱਥੇਬੰਦੀਆਂ ਨੇ ਹੜਤਾਲ ਸਬੰਧੀ ਮੈਨੇਜਮੈਂਟਾਂ ਨੂੰ ਨੋਟਿਸ ਦੇਣ ਦੀ ਜਾਣਕਾਰੀ ਸਾਂਝੀ ਕੀਤੀ।ਉਨ੍ਹਾਂ ਕਿਹਾ ਕਿ ਸਾਰੇ ਅਨਾਜ ਖ੍ਰੀਦ ਕੇਂਦਰ,ਉਨ੍ਹਾਂ ਦੇ ਮੁਨੀਮ ਅਤੇ ਮਜ਼ਦੂਰ ਭਾਰਤ ਬੰਦ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣਗੇ। ਕੌਮੀ ਸਿੱਖਿਆਂ ਨੀਤੀ 2020 ਨੂੰ ਰੱਦ ਕਰਨ ਦੀ ਮੰਗ ਨੂੰ ਵੀ ਮੰਗਾਂ ਵਿਚ ਜੋੜਿਆ ਜਾ ਰਿਹਾ ਹੈ। ਉਸਾਰੀ ਅਤੇ ਨਿਰਮਾਣ ਖੇਤਰ ਦੀਆਂ ਜੱਥੇਬੰਦੀਆਂ ਨੇ 16 ਨੂੰ ਸਾਰੇ ਕੰਮ ਠੱਪ ਰੱਖ ਕੇ ਕਿਸਾਨਾਂ ਦੇ ਇੱਕਠਾਂ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪੇਂਡੂ ਅਤੇ ਖੇਤ ਮਜ਼ਦੂਰ ਜੱਥੇਬੰਦੀਆਂ ਨੇ ਪਿੰਡਾਂ ਵਿੱਚ ਬੰਦ ਦੇ ਪ੍ਰਚਾਰ ਨੂੰ ਲੈਕੇ ਜਾਣ ਦਾ ਭਰੋਸਾ ਦਿਵਾਇਆ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪੰਜਾਬ ਦੀਆਂ ਟਰਾਂਸਪੋਰਟ ਖੇਤਰ ਨਾਲ ਜੁੜੀਆਂ ਹੋਈਆਂ ਸਾਰੀਆਂ ਜੱਥੇਬੰਦੀਆਂ ਅਤੇ ਸਮੁੱਚੇ ਵਪਾਰ ਮੰਡਲਾਂ ਤੱਕ ਪਹੁੰਚ ਕਰਕੇ ਬੰਦ ਵਿੱਚ ਸ਼ਾਮਲ ਹੋਣ ਲਈ ਅਪੀਲ ਕੀਤੀ ਜਾਵੇ।ਇਸ ਨੂੰ ਜ਼ਿਲ੍ਹਾ ਤੇ ਤਹਿਸੀਲ ਪੱਧਰ ‘ਤੇ ਲਾਗੂ ਕਰਨ ਲਈ ਅਜਿਹੀਆਂ ਮੀਟਿੰਗਾਂ 5 ਫਰਵਰੀ ਨੂੰ ਤਹਿਸੀਲ ਪੱਧਰ ‘ਤੇ ਵੀ ਕੀਤੀਆਂ ਜਾਣਗੀਆਂ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਸਾਰੀਆਂ ਜੱਥੇਬੰਦੀਆਂ ਨੂੰ ਆਪਣੇ ਵਲੋਂ 16 ਫਰਵਰੀ ਨੂੰ ਕੀਤੇ ਜਾ ਰਹੇ ਜਾਮ ਅਤੇ ਬਾਕੀ ਗਤੀਵਿਧੀਆਂ ਦੀ ਜਾਣਕਾਰੀ ਸਾਂਝੀ ਕੀਤੀ।ਮੀਟਿੰਗ ਨੇ ਸਾਂਝੇ ਰੂਪ ਵਿੱਚ ਫੈਸਲਾ ਕੀਤਾ ਕਿ 16 ਫਰਵਰੀ ਨੂੰ ਸਵੇਰ ਤੋਂ ਲੈਕੇ ਸ਼ਾਮ ਦੇ 4 ਵਜੇ ਤੱਕ ਮੁਕੰਮਲ ਤੌਰ ‘ਤੇ ਬੰਦ ਕੀਤਾ ਜਾਵੇਗਾ।ਇਸ ਬੰਦ ਦੌਰਾਨ ਬਰਾਤਾਂ, ਐਂਬੂਲੈਂਸ ਅਤੇ ਮਰਗ ਨਾਲ ਸਬੰਧਤ ਗੱਡੀਆਂ ਨੂੰ ਛੋਟ ਦੇਣ ਦਾ ਫੈਸਲਾ ਵੀ ਕੀਤਾ ਗਿਆ।ਅੱਜ ਦੀ ਮੀਟਿੰਗ ਵਿੱਚ ਕਿਸਾਨ ਜਥੇਬੰਦੀਆਂ ਬੀਕੇਯੂ (ਰਾਜੇਵਾਲ),ਕਿਰਤੀ ਕਿਸਾਨ ਯੂਨੀਅਨ,ਦੁਆਬਾ ਕਿਸਾਨ ਸੰਘਰਸ਼ ਕਮੇਟੀ, ਜਮਹੂਰੀ ਕਿਸਾਨ ਸਭਾ, ਬੀਕੇਯੂ ਏਕਤਾ(ਉਗਰਾਹਾਂ), ਬੀਕੇਯੂ ਕਾਦੀਆਂ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ, ਦੋਵੇਂ ਕੁੱਲ ਹਿੰਦ ਕਿਸਾਨ ਸਭਾ, ਬੀਕੇਯੂ (ਦੁਆਬਾ)ਦੇ ਆਗੂਆਂ ਤੋਂ ਇਲਾਵਾ ਏਟਕ,ਸੀਟੀਯੂ,ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਪੰਜਾਬ ਖੇਤ ਮਜ਼ਦੂਰ ਸਭਾ,ਨੌਜਵਾਨ ਭਾਰਤ ਸਭਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ,ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ,ਇਸਤਰੀ ਜਾਗ੍ਰਿਤੀ ਮੰਚ, ਪੰਜਾਬ ਇਸਤਰੀ ਸਭਾ, ਜਮਹੂਰੀ ਅਧਿਕਾਰ ਸਭਾ, ਪੰਜਾਬ ਭੱਠਾ ਵਰਕਰ ਯੂਨੀਅਨ, ਐਡਵੋਕੇਟ ਫਾਰਮਰ ਐਂਡ ਲੇਬਰਰ,ਟੀ.ਐੱਸ.ਯੂ.ਸਮੇਤ ਕਈ ਹੋਰ ਜੱਥੇਬੰਦੀਆਂ ਨੇ ਭਾਗ ਲਿਆ।
