







ਜਲੰਧਰ ਪੰਜਾਬ ਦੈਨਿਕ ਨਿਊਜ਼ (ਮੁਨੀਸ਼ ਤੋਖੀ) ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਵੀਰਵਾਰ ਤੜਕਸਾਰ ਸ਼ਹਿਰ ਦਾ ਅਚਨਚੇਤ ਦੌਰਾ ਕਰਕੇ ਸਫਾਈ ਵਿਵਸਥਾ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਮੇਅਰ ਅਤੇ ਕਮਿਸ਼ਨਰ ਨਗਰ ਨਿਗਮ ਗੌਤਮ ਜੈਨ ਵੀ ਉਨ੍ਹਾਂ ਨਾਲ ਮੌਜੂਦ ਸਨ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਸਮੇਤ ਸ਼ਹਿਰ ਦੇ ਬੱਸ ਸਟੈਂਡ, ਰੇਲਵੇ ਸਟੇਸ਼ਨ, ਗੜਾ ਰੋਡ, ਪਿਮਸ ਰੋਡ ਅਤੇ ਦਮੋਰੀਆ ਪੁਲ ਸਮੇਤ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਅਤੇ ਮੌਕੇ ’ਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਡਾ. ਰਵਜੋਤ ਸਿੰਘ ਨੇ ਸੂਬੇ ਦੇ ਸ਼ਹਿਰਾਂ ਦੀ ਸਹੂਲਤਾਂ ਪੱਖੋਂ ਕਾਇਆ ਕਲਪ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ। ਕੈਬਨਿਟ ਮੰਤਰੀ ਨੇ ਜਨਤਾ ਨੂੰ ਆਪਣੇ ਆਲੇ-ਦੁਆਲੇ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਉਨ੍ਹਾਂ ਲੇਬਰ ਡੇਅ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਮਜ਼ਦੂਰ ਸਮਾਜ ਦਾ ਅਹਿਮ ਅੰਗ ਹਨ ਅਤੇ ਇਨ੍ਹਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਪਰੰਤ ਕੈਬਨਿਟ ਮੰਤਰੀ ਨੇ ਨਗਰ ਨਿਗਮ ਵਿਖੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਵੀ ਕੀਤੀ।










