ਜਲੰਧਰ ਪੰਜਾਬ ਦੈਨਿਕ ਨਿਊਜ਼ (ਮੁਨੀਸ਼ ਤੋਖੀ) ਜਲੰਧਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਭਰ ਦੇ ਪਲਾਟ ਮਾਲਕਾਂ ਨੂੰ 10 ਜੁਲਾਈ, 2025 ਤੱਕ ਆਪਣੇ ਖਾਲੀ ਪਲਾਟਾਂ ’ਚੋਂ ਕੂੜਾ-ਕਰਕਟ ਅਤੇ ਹੋਰ ਰਹਿੰਦ-ਖੂਹੰਦ ਸਾਫ਼ ਕਰਵਾਉਣ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ ਅਤੇ ਚਿਤਾਵਨੀ ਦਿੱਤੀ ਹੈ ਕਿ ਹਦਾਇਤਾਂ ਦੀ ਪਾਲਣਾ ਨਾ ਕਰਨ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਡਾ. ਅਗਰਵਾਲ ਨੇ ਵਧੇਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਖਾਲੀ ਪਲਾਟਾਂ ਵਿੱਚ ਕੂੜੇ ਦੇ ਢੇਰ ਅਤੇ ਜਮ੍ਹਾ ਮੀਂਹ ਦਾ ਪਾਣੀ ਲੋਕਾਂ ਦੀ ਸਿਹਤ ਲਈ ਗੰਭੀਰ ਖ਼ਤਰਾ ਪੈਦਾ ਕਰਦੇ ਹਨ ਕਿਉਂਕਿ ਇਸ ਨਾਲ ਨੁਕਸਾਨਦੇਹ ਬੈਕਟੀਰੀਆ ਅਤੇ ਕੀੜੇ-ਮਕੌੜੇ ਪੈਦਾ ਹੁੰਦੇ ਹਨ, ਜਿਸ ਨਾਲ ਵੱਖ-ਵੱਖ ਬਿਮਾਰੀਆਂ ਫੈਲਣ ਦਾ ਖ਼ਤਰਾ ਹੁੰਦਾ ਹੈ, ਖਾਸ ਕਰ ਮਾਨਸੂਨ ਸੀਜ਼ਨ ਦੌਰਾਨ ਬੀ.ਐਨ.ਐਸ.ਐਸ. ਦੀ ਧਾਰਾ 163 ਤਹਿਤ ਹੁਕਮ ਜਾਰੀ ਕਰਦਿਆਂ ਡਾ. ਅਗਰਵਾਲ ਵੱਲੋਂ ਪਲਾਟ ਮਾਲਕਾਂ ‘ਤੇ ਜਨਤਕ ਸਿਹਤ ਦੀ ਰੱਖਿਆ ਲਈ ਆਪਣੇ ਪਲਾਟਾਂ ਦੀ ਸਾਫ-ਸਫਾਈ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਤੈਅ ਕੀਤੀ ਗਈ ਹੈ। ਉਨ੍ਹਾਂ ਅੱਗੇ ਹਦਾਇਤ ਕੀਤੀ ਕਿ ਪਲਾਟ ਮਾਲਕਾਂ ਨੂੰ ਆਪਣੇ ਖਾਲੀ ਪਲਾਟਾਂ ਦੇ ਆਲੇ-ਦੁਆਲੇ ਚਾਰਦੀਵਾਰੀ ਜਾਂ ਵਾੜ ਬਣਾਉਣੀ ਚਾਹੀਦੀ ਹੈ ਤਾਂ ਜੋ ਕੂੜੇ ਦੀ ਗੈਰ-ਕਾਨੂੰਨੀ ਡੰਪਿੰਗ ਨੂੰ ਰੋਕਿਆ ਜਾ ਸਕੇ। ਸਰਕਾਰੀ ਵਿਭਾਗਾਂ ਨੂੰ ਵੀ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੀ ਖਾਲੀ ਜ਼ਮੀਨ ਸਮੇਤ ਖਾਲੀ ਪਈਆਂ ਜਾਇਦਾਦਾਂ ਤੋਂ ਕੂੜਾ-ਕਰਕਟ ਸਾਫ਼ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਤੇ ਨਗਰ ਨਿਗਮ ਜਲੰਧਰ ਨੂੰ ਨਿਰਦੇਸ਼ ਦਿੱਤੇ ਕਿ ਆਪੋ-ਆਪਣੇ ਖੇਤਰਾਂ ਵਿੱਚ ਇਨ੍ਹਾਂ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇ । ਉਨ੍ਹਾਂ ਇਨ੍ਹਾਂ ਵਿਭਾਗਾਂ ਨੂੰ ਇਹ ਵੀ ਹਦਾਇਤ ਕੀਤੀ ਕਿ 10 ਜੁਲਾਈ, 2025 ਤੋਂ ਬਾਅਦ ਜੇਕਰ ਇਨ੍ਹਾਂ ਪਲਾਟਾਂ ਦੀ ਸਫਾਈ ਸਰਕਾਰੀ ਏਜੰਸੀਆਂ ਤੋਂ ਕਰਵਾਉਣ ਦੀ ਲੋੜ ਪੈਂਦੀ ਹੈ ਤਾਂ ਪਲਾਟ ਮਾਲਕਾਂ ਖਿਲਾਫ਼ ਰਿਕਵਰੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ।

