

ਜਲੰਧਰ ਪੰਜਾਬ ਨਿਊਜ਼ (ਮੁਨੀਸ਼ ਤੋਖੀ) ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਾਉਣ ਅਤੇ ਗੈਸ ਸਿਲੰਡਰਾਂ ਦੀ ਉਪਲਬਧਤਾ ਨੂੰ ਸੁਚਾਰੂ ਤੇ ਪਾਰਦਰਸ਼ੀ ਢੰਗ ਨਾਲ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਇੱਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਜ਼ਿਲ੍ਹਾ ਜਲੰਧਰ ਵਿੱਚ ਗੈਸ ਸਿਲੰਡਰਾਂ ਦੀ ਸੰਭਾਵਿਤ ਕਮੀ ਅਤੇ ਕਾਲਾਬਾਜ਼ਾਰੀ ਸਬੰਧੀ ਮਿਲ ਰਹੀਆਂ ਕੁਝ ਸ਼ਿਕਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਕਮੇਟੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕਮੇਟੀ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਜਲੰਧਰ ਦੀ ਅਗਵਾਈ ਹੇਠ ਕੰਮ ਕਰੇਗੀ।ਉਨ੍ਹਾਂ ਦੱਸਿਆ ਕਿ ਕਮੇਟੀ ਵਿੱਚ ਵਧੀਕ ਮੁੱਖ ਪ੍ਰਸ਼ਾਸਕ (ਪੁੱਡਾ), ਜੁਆਇੰਟ ਕਮਿਸ਼ਨਰ (ਨਗਰ ਨਿਗਮ), ਏ.ਸੀ.ਪੀ. ਹੈਡਕੁਆਰਟਰ ਅਤੇ ਜ਼ਿਲ੍ਹਾ ਆਬਕਾਰੀ ਤੇ ਕਰ ਕਮਿਸ਼ਨਰ ਨੂੰ ਮੈਂਬਰ ਵਜੋਂ ਸ਼ਾਮਿਲ ਕੀਤਾ ਗਿਆ ਹੈ, ਜਦਕਿ ਡੀ.ਐਫ.ਐਸ.ਸੀ. ਮੈਂਬਰ-ਕਮ-ਕਨਵੀਨਰ ਹੋਣਗੇ।ਡਾ. ਅਗਰਵਾਲ ਨੇ ਕਿਹਾ ਕਿ ਕਮੇਟੀ ਵੱਲੋਂ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ, ਗੈਰ ਕਾਨੂੰਨੀ ਜਮ੍ਹਾਖੋਰੀ ਅਤੇ ਭੰਡਾਰਨ ਨੂੰ ਰੋਕਣ ਲਈ ਜ਼ਿਲ੍ਹੇ ਵਿੱਚ ਸਮੇਂ-ਸਮੇਂ ’ਤੇ ਵਿਸ਼ੇਸ਼ ਚੈਕਿੰਗ ਕੀਤੀ ਜਾਵੇਗੀ। ਜਿੱਥੇ ਵੀ ਉਲੰਘਣਾ ਪਾਈ ਜਾਵੇਗੀ ਉਥੇ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇਗੀ।ਉਨ੍ਹਾਂ ਇਹ ਵੀ ਦੱਸਿਆ ਕਿ ਘਰੇਲੂ ਗੈਸ ਸਿਲੰਡਰਾਂ ਦੀ ਕਮਰਸ਼ੀਅਲ ਮਕਸਦ ਲਈ ਵਰਤੋਂ ਰੋਕਣ ਲਈ ਵੀ ਖਾਸ ਮੁਹਿੰਮ ਚਲਾਈ ਜਾਵੇਗੀ ਅਤੇ ਅਜਿਹੇ ਮਾਮਲਿਆਂ ਵਿੱਚ ਸੰਬੰਧਿਤ ਵਿਅਕਤੀਆਂ ਜਾਂ ਸੰਸਥਾਵਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਾਰੀਆਂ ਗੈਸ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਕਿ ਉਨ੍ਹਾਂ ਦੇ ਦਫ਼ਤਰੀ ਅਤੇ ਹੈਲਪਲਾਈਨ ਨੰਬਰ ਹਰ ਵੇਲੇ ਚਾਲੂ ਰਹਿਣ ਤਾਂ ਜੋ ਖਪਤਕਾਰਾਂ ਨੂੰ ਜਾਣਕਾਰੀ ਲੈਣ ਵਿੱਚ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਾਰਨ ਕਰਕੇ ਗੈਸ ਸਿਲੰਡਰ ਦੀ ਆਨਲਾਈਨ ਬੁਕਿੰਗ ਸੰਭਵ ਨਾ ਹੋਵੇ ਤਾਂ ਗੈਸ ਏਜੰਸੀਆਂ ਵੱਲੋਂ ਆਫਲਾਈਨ ਮਾਧਿਅਮ ਰਾਹੀਂ ਵੀ ਬੁਕਿੰਗ ਸਵੀਕਾਰ ਕਰਕੇ ਸਮੇਂ ਸਿਰ ਸਪਲਾਈ ਯਕੀਨੀ ਬਣਾਈ ਜਾਵੇ।ਉਨ੍ਹਾਂ ਕਿਹਾ ਕਿ ਕਮੇਟੀ ਵੱਲੋਂ ਗੈਸ ਸਿਲੰਡਰਾਂ ਦੀ ਸੁਚਾਰੂ ਸਪਲਾਈ ਅਤੇ ਵੰਡ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਸਮੇਂ-ਸਮੇਂ ’ਤੇ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ ਅਤੇ ਮਿਲ ਰਹੀਆਂ ਸ਼ਿਕਾਇਤਾਂ ਦੀ ਸਮੀਖਿਆ ਕਰਕੇ ਤੁਰੰਤ ਫੈਸਲੇ ਲਏ ਜਾਣਗੇ। ਨਾਲ ਹੀ ਉਨ੍ਹਾਂ ਆਮ ਲੋਕਾਂ ਨੂੰ ਅਫ਼ਵਾਹਾਂ ਤੋਂ ਸਾਵਧਾਨ ਰਹਿਣ ਦੀ ਅਪੀਲ ਵੀ ਕੀਤੀ।
