


ਜਲੰਧਰ ਪੰਜਾਬ ਦੈਨਿਕ ਨਿਊਜ਼ (ਮੁਨੀਸ਼ ਤੋਖੀ) ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 25 ਅਪ੍ਰੈਲ ਨੂੰ ਸਵੇਰੇ 6 ਵਜੇ ‘ਵਾਕਾਥੋਨ 1.0’ ਦਾ ਆਯੋਜਨ ਕੀਤਾ ਜਾ ਰਿਹਾ ਹੈ।ਵਾਕਾਥੋਨ ਦਾ ਪੋਸਟਰ ਜਾਰੀ ਕਰਦੇ ਹੋਏ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਇਹ ਰੈਲੀ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਸ਼ੁਰੂ ਹੋ ਕੇ ਸ਼ਿਵਾਨੀ ਪਾਰਕ, ਮਾਡਲ ਟਾਊਨ ‘ਚ ਸਮਾਪਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਮਜ਼ਬੂਤੀ ਨਾਲ ਅੱਗੇ ਵਧਾ ਰਹੀ ਹੈ ਅਤੇ ਇਸ ਦੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਵਾਕਾਥੋਨ ਰਾਹੀਂ ਖਾਸ ਕਰਕੇ ਨੌਜਵਾਨਾਂ ਨੂੰ ਸਰੀਰਕ ਤੰਦਰੁਸਤੀ ਵੱਲ ਵੀ ਪ੍ਰੇਰਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਇਕੱਠੇ ਯਤਨਾਂ ਨਾਲ ਹਰ ਜੰਗ ਜਿੱਤੀ ਜਾ ਸਕਦੀ ਹੈ। ਉਨ੍ਹਾਂ ਜਲੰਧਰ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਇਕਜੁੱਟ ਹੋ ਕੇ ਇਸ ਵਾਕਾਥੋਨ ਵਿੱਚ ਵੱਧ-ਚੜ੍ਹ ਕੇ ਭਾਗ ਲੈਣ।ਜ਼ਿਕਰਯੋਗ ਹੈ ਕਿ ਇਹ ਵਾਕਾਥੋਨ ਡੀ.ਏ.ਵੀ. ਕਾਲਜ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ I ਪੋਸਟਰ ਰਿਲੀਜ਼ ਕਰਦੇ ਸਮੇਂ ਕਾਲਜ ਦੇ ਪ੍ਰਿੰਸੀਪਲ ਪ੍ਰੋਫੈਸਰ ਅਨੂਪ ਵਤਸ ਵਿਸ਼ੇਸ਼ ਤੌਰ ਤੇ ਮੌਜੂਦ ਸੀ ਅਤੇ ਸਮਾਪਤੀ ਸਮਾਰੋਹ ਦੌਰਾਨ ਨਸ਼ਿਆਂ ਖ਼ਿਲਾਫ਼ ਸਹੁੰ ਚੁਕਾਈ ਜਾਵੇਗੀ। ਇਸ ਮੌਕੇ ‘ਤੇ ਪ੍ਰੇਰਨਾਦਾਇਕ ਭਾਸ਼ਣਾਂ ਦੇ ਨਾਲ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰਸਤੁਤੀਆਂ ਵੀ ਕੀਤੀਆਂ ਜਾਣਗੀਆਂ।
