


ਜਲੰਧਰ ਪੰਜਾਬ ਦੈਨਿਕ ਨਿਊਜ਼ (ਮੁਨੀਸ਼ ਤੋਖੀ) ਜ਼ਿਲਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਜਿੰਦਰ ਬੇਰੀ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਗਈ “ਮੇਰੀ ਰਸੋਈ ਯੋਜਨਾ” ਨੂੰ ਲੈ ਕੇ ਆਮ ਆਦਮੀ ਪਾਰਟੀ ਉੱਤੇ ਘਟੀਆ ਰਾਜਨੀਤੀ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਨੀਲੇ ਕਾਰਡ ਧਾਰਕਾਂ ਲਈ ਰਾਸ਼ਨ ਕਿੱਟਾਂ ਵੰਡਣ ਦੇ ਪ੍ਰੋਗਰਾਮ ਦੇ ਤਹਿਤ ਸਰਕਾਰ ਵੱਲੋਂ ਸਵੈ-ਘੋਸ਼ਣਾ ਫਾਰਮ ਭਰਨ ਲਈ ਕਿਹਾ ਗਿਆ ਹੈ, ਪਰ ਆਪ ਆਗੂਆਂ ਨੇ ਆਪਣੇ ਪੱਧਰ ‘ਤੇ ਆਪਣੀਆਂ ਫੋਟੋਆਂ ਲਗਾ ਕੇ ਫਾਰਮ ਜਾਰੀ ਕਰ ਦਿੱਤੇ ਹਨ। ਬੇਰੀ ਨੇ ਦੋਸ਼ ਲਗਾਇਆ ਕਿ ਡੀਪੂ ਹੋਲਡਰਾਂ ਨੂੰ ਇਹ ਫਾਰਮ ਭਰਵਾਉਣ ਲਈ ਕਿਹਾ ਜਾ ਰਿਹਾ ਹੈ, ਜਿਸ ਵਿੱਚ ਲੋਕਾਂ ਤੋਂ ਆਧਾਰ ਕਾਰਡ ਨੰਬਰ, ਵੋਟਰ ਕਾਰਡ ਨੰਬਰ ਅਤੇ ਮੋਬਾਈਲ ਨੰਬਰ ਮੰਗੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਿਰਫ ਲੋਕਾਂ ਦਾ ਡਾਟਾ ਇਕੱਠਾ ਕਰਨ ਦੀ ਕੋਸ਼ਿਸ਼ ਹੈ, ਕਿਉਂਕਿ ਨੀਲੇ ਕਾਰਡ ਧਾਰਕਾਂ ਦੀ ਜਾਣਕਾਰੀ ਪਹਿਲਾਂ ਹੀ ਸਰਕਾਰ ਕੋਲ ਮੌਜੂਦ ਹੈ। ਉਨ੍ਹਾਂ ਕਿਹਾ ਕਿ ਇਹ ਸਾਰਾ ਮਾਮਲਾ ਸਿਰਫ ਇੱਕ ਸਿਆਸੀ ਸਟੰਟ ਹੈ। ਪੰਜਾਬ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਨਾ ਤਾਂ ਨਵੇਂ ਰਾਸ਼ਨ ਕਾਰਡ ਬਣਾਏ ਹਨ ਅਤੇ ਨਾ ਹੀ ਨਵੇਂ ਨਾਮ ਦਰਜ ਕੀਤੇ ਹਨ, ਜਦਕਿ ਲੋਕ ਅਜੇ ਵੀ ਦਫ਼ਤਰਾਂ ਦੇ ਚੱਕਰ ਕੱਟ ਰਹੇ ਹਨ। ਰਜਿੰਦਰ ਬੇਰੀ ਨੇ ਕਿਹਾ ਕਿ ਇਹ ਫਾਰਮ ਭਰਵਾ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਰਾਸ਼ਨ ਕਿੱਟਾਂ ਦੀ ਵੰਡ ਸਿਰਫ ਸਰਕਾਰੀ ਅਧਿਕਾਰੀਆਂ ਜਾਂ ਡੀਪੂ ਹੋਲਡਰਾਂ ਵੱਲੋਂ ਕੀਤੀ ਜਾਣੀ ਚਾਹੀਦੀ ਹੈ, ਨਾ ਕਿ ਆਪ ਆਗੂਆਂ ਵੱਲੋਂ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਸਿਰਫ ਫੋਟੋਸ਼ੈਸ਼ਨ ਅਤੇ ਇਸ਼ਤਿਹਾਰਬਾਜ਼ੀ ‘ਤੇ ਨਿਰਭਰ ਹੈ। ਬੇਰੀ ਨੇ ਇਹ ਵੀ ਕਿਹਾ ਕਿ ਉਹ ਜਲਦ ਹੀ ਡਿਪਟੀ ਕਮਿਸ਼ਨਰ ਜਲੰਧਰ ਨਾਲ ਮਿਲ ਕੇ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਉਣਗੇ।ਉਨ੍ਹਾਂ ਅੰਤ ਵਿੱਚ ਕਿਹਾ ਕਿ ਇਹ ਸਾਰਾ ਸਿਆਸੀ ਸਟੰਟ 2027 ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਜਾ ਰਿਹਾ ਹੈ।
