


ਭੁਲੱਥ 8 ਅਕਤੂਬਰ (ਪੰਜਾਬ ਦੈਨਿਕ ਨਿਊਜ਼) ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਵਾਤਾਵਰਣ ਦੀ ਸੁਰੱਖਿਆ ਸਬੰਧੀ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਮਕਸਦ ਨਾਲ ਭੁਲੱਥ ਵਿਖੇ ਸਰਪੰਚਾਂ ਅਤੇ ਨੰਬਰਦਾਰਾਂ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਪਿੰਡ ਪੱਧਰੀ ਨੁਮਾਇੰਦਿਆਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।ਅਧਿਕਾਰੀਆਂ ਨੇ ਦੱਸਿਆ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਮਿੱਟੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ ਅਤੇ ਮਨੁੱਖੀ ਸਿਹਤ ’ਤੇ ਵੀ ਮਾੜੇ ਪ੍ਰਭਾਵ ਪੈਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਉਪਲਬਧ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾਉਣ ਨਾਲ ਮਿੱਟੀ ਦੀ ਸਿਹਤ ਅਤੇ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਵਿੱਚ ਮਦਦ ਮਿਲਦੀ ਹੈ। ਇਸ ਮੌਕੇ ਤਹਿਸੀਲਦਾਰ ਭੁਲੱਥ ਵਰਿੰਦਰ ਭਾਟੀਆ, ਏ.ਓ. ਨਡਾਲਾ ਸਤਨਾਮ ਸਿੰਘ, ਏ.ਡੀ.ਓ. ਨਡਾਲਾ ਗੁਰਜੋਤ ਸਿੰਘ ਅਤੇ ਏ.ਈ.ਓ. ਮੁਨੀਮ ਕੁਮਾਰ ਸਮੇਤ ਹੋਰ ਅਧਿਕਾਰੀ, ਪਿੰਡਾਂ ਦੇ ਸਰਪੰਚ ਅਤੇ ਨੰਬਰਦਾਰ ਹਾਜ਼ਰ ਸਨ। ਕੈਂਪ ਦੌਰਾਨ ਆਈ.ਟੀ.ਸੀ. ਮਿਸ਼ਨ ਸੁਨਿਹਰਾ ਕੱਲ ਨੁਮਾਇੰਦਿਆਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। ਉਨ੍ਹਾਂ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧਨ, ਵਾਤਾਵਰਣ ਦੀ ਸੁਰੱਖਿਆ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਸਬੰਧੀ ਸਹਿਯੋਗ ਦਿੱਤਾ ਗਿਆ। ਅਧਿਕਾਰੀਆਂ ਨੇ ਸਰਪੰਚਾਂ ਅਤੇ ਨੰਬਰਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਪਿੰਡਾਂ ਵਿੱਚ ਕਿਸਾਨਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾ ਸਕਦਾ ਹੈ। ਇਸ ਮੌਕੇ ਸਮੂਹ ਹਾਜ਼ਰੀਨ ਵੱਲੋਂ ਪਰਾਲੀ ਨਾ ਸਾੜਨ, ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਰੱਖਣ ਅਤੇ ਸਾਫ਼-ਸੁਥਰੇ ਵਾਤਾਵਰਣ ਦੀ ਸਿਰਜਣਾ ਲਈ ਹਰ ਸੰਭਵ ਸਹਿਯੋਗ ਦੇਣ ਦਾ ਸੰਕਲਪ ਵੀ ਲਿਆ ਗਿਆ।
