


ਜਲੰਧਰ ਪੰਜਾਬ ਦੈਨਿਕ ਨਿਊਜ਼ (ਮੁਨੀਸ਼ ਤੋਖੀ) ਦੀਵਾਲੀ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਜਲੰਧਰ ਵਿੱਚ ਪਟਾਕਿਆਂ ਦੀ ਵਿਕਰੀ ਲਈ 20 ਅਸਥਾਈ ਲਾਇਸੈਂਸ ਡਰਾਅ ਰਾਹੀਂ ਜਾਰੀ ਕੀਤੇ ਜਾਣਗੇ। ਇਸ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ, ਜਲੰਧਰ ਵੱਲੋਂ ਪ੍ਰੈੱਸ ਨੋਟ ਜਾਰੀ ਕਰਕੇ ਲਾਇਸੈਂਸ ਪ੍ਰਾਪਤ ਕਰਨ ਦੇ ਚਾਹਵਾਨ ਬਿਨੈਕਾਰਾਂ ਲਈ ਜ਼ਰੂਰੀ ਹਦਾਇਤਾਂ ਅਤੇ ਸਮਾਂ-ਸਾਰਣੀ ਜਾਰੀ ਕੀਤੀ ਗਈ ਹੈ।ਜਾਰੀ ਹਦਾਇਤਾਂ ਅਨੁਸਾਰ, The Explosives Rules, 2008 ਅਤੇ ਇਸ ਸਬੰਧੀ ਅਦਾਲਤੀ ਹੁਕਮਾਂ ਦੀ ਪਾਲਣਾ ਕਰਦਿਆਂ ਪਟਾਕਿਆਂ ਦੀ ਵਿਕਰੀ ਲਈ 20 ਅਸਥਾਈ ਲਾਇਸੈਂਸ ਡਰਾਅ ਰਾਹੀਂ ਜਾਰੀ ਕੀਤੇ ਜਾਣਗੇ। ਲਾਇਸੈਂਸ ਲਈ ਅਰਜ਼ੀ ਦੇਣ ਵਾਲੇ ਵਿਅਕਤੀ ਦੀ ਉਮਰ ਘੱਟੋ-ਘੱਟ 18 ਸਾਲ ਹੋਣੀ ਲਾਜ਼ਮੀ ਹੈ। ਬਿਨੈਕਾਰਾਂ ਨੂੰ ਨਿਰਧਾਰਤ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾਉਣੀਆਂ ਹੋਣਗੀਆ,ਪਟਾਕਿਆਂ ਦੇ ਅਸਥਾਈ ਲਾਇਸੈਂਸ ਪ੍ਰਾਪਤ ਕਰਨ ਲਈ ਅਰਜ਼ੀਆਂ 21 ਅਕਤੂਬਰ 2026 ਤੋਂ 27 ਅਕਤੂਬਰ 2026 ਤੱਕ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਜਮ੍ਹਾਂ ਕਰਵਾਈਆਂ ਜਾ ਸਕਣਗੀਆਂ। ਅਰਜ਼ੀਆਂ ਜਮ੍ਹਾਂ ਕਰਵਾਉਣ ਸਮੇਂ ਬਿਨੈਕਾਰਾਂ ਨੂੰ ਨਿਰਧਾਰਤ ਨਿਯਮਾਂ ਅਤੇ ਲੋੜੀਂਦੇ ਦਸਤਾਵੇਜ਼ਾਂ ਦੀ ਪਾਲਣਾ ਕਰਨੀ ਹੋਵੇਗੀ। ਪਟਾਕਿਆਂ ਦੀ ਵਿਕਰੀ ਲਈ 20 ਅਸਥਾਈ ਲਾਇਸੈਂਸਾਂ ਦਾ ਡਰਾਅ 29 ਅਕਤੂਬਰ 2026, ਵੀਰਵਾਰ ਨੂੰ ਦੁਪਹਿਰ 12 ਵਜੇ ਰੈੱਡ ਕਰਾਸ ਭਵਨ, ਜਲੰਧਰ ਵਿਖੇ ਕੱਢਿਆ ਜਾਵੇਗਾ। ਲਾਇਸੈਂਸਾਂ ਦੀ ਵੰਡ ਨਿਰਧਾਰਤ ਪ੍ਰਕਿਰਿਆ ਅਨੁਸਾਰ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਿਨੈਕਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅਰਜ਼ੀ ਦੇਣ ਤੋਂ ਪਹਿਲਾਂ ਜਾਰੀ ਹਦਾਇਤਾਂ ਅਤੇ ਨਿਯਮਾਂ ਨੂੰ ਧਿਆਨ ਨਾਲ ਪੜ੍ਹਨ ਅਤੇ ਨਿਰਧਾਰਤ ਸਮੇਂ ਅੰਦਰ ਆਪਣੀ ਅਰਜ਼ੀ ਜਮ੍ਹਾਂ ਕਰਵਾਉਣ, ਤਾਂ ਜੋ ਲਾਇਸੈਂਸ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਪੂਰਾ ਕੀਤਾ ਜਾ ਸਕੇ। ਇੱਥੇ ਦੱਸਣ ਯੋਗ ਗੱਲ ਇਹ ਵੀ ਹੈ ਕਿ ਕੁਝ ਦਿਨ ਪਹਿਲਾਂ ਪਿੰਡ ਦੀ ਪੰਚਾਇਤ ਵੱਲੋਂ ਜਲੰਧਰ ਦੇ ਡੀਸੀ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਸੀ ਜਿਸ ਵਿੱਚ ਇਹ ਮੰਗ ਕੀਤੀ ਗਈ ਸੀ ਕਿ ਇਸ ਪਿੰਡ ਵਿੱਚ ਇਹ ਮਾਰਕੀਟ ਪਟਾਕਾ ਮਾਰਕੀਟ ਨਾ ਲੱਗਣ ਦਿੱਤੀ ਜਾਵੇ I
