


ਜਲੰਧਰ ਪੰਜਾਬ ਦੈਨਿਕ ਨਿਊਜ਼ (ਮੁਨੀਸ਼ ਤੋਖੀ) ਪੰਜਾਬ ਦੀ ਸਿਆਸਤ ਵਿੱਚ ਇੱਕ ਅਹਿਮ ਸਿਆਸੀ ਘਟਨਾਕ੍ਰਮ ਸਾਹਮਣੇ ਆਇਆ ਹੈ। ਕਾਂਗਰਸ ਦੇ ਸੀਨੀਅਰ ਆਗੂ ਅਤੇ ਜਲਾਲਾਬਾਦ ਤੋਂ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਕਾਂਗਰਸ ਨੂੰ ਅਲਵਿਦਾ ਕਹਿੰਦਿਆਂ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਰਾਹੀਂ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਰਮਿੰਦਰ ਸਿੰਘ ਆਵਲਾ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਜਲਾਲਾਬਾਦ ਹਲਕੇ ਦੇ ਨਾਲ-ਨਾਲ ਪੂਰੇ ਸਰਹੱਦੀ ਇਲਾਕੇ ਵਿੱਚ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਆਵਲਾ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਸੁਖਬੀਰ ਬਾਦਲ ਨੇ ਜਲਾਲਾਬਾਦ ਨਾਲ ਆਪਣੇ ਸਿਆਸੀ ਸਬੰਧਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਹਲਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਤਿੰਨ ਵਾਰ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਅਕਾਲੀ ਸਰਕਾਰਾਂ ਦੇ ਸਮੇਂ ਹੋਏ ਵਿਕਾਸ ਕਾਰਜਾਂ ਦਾ ਹਵਾਲਾ ਦਿੰਦਿਆਂ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੀ ਉਮੀਦ ਜਤਾਈ। ਰਮਿੰਦਰ ਸਿੰਘ ਆਵਲਾ ਦੀ ਅਕਾਲੀ ਦਲ ਵਿੱਚ ਸ਼ਮੂਲੀਅਤ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕ ਮਹੱਤਵਪੂਰਨ ਸਿਆਸੀ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਇਸ ਨਾਲ ਜਲਾਲਾਬਾਦ ਅਤੇ ਆਸ-ਪਾਸ ਦੇ ਸਰਹੱਦੀ ਖੇਤਰ ਵਿੱਚ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਨੂੰ ਨਵੀਂ ਦਿਸ਼ਾ ਮਿਲਣ ਦੀ ਉਮੀਦ ਹੈ।
MUNISH TOKHI