









ਜਲੰਧਰ ਕੈਂਟ ਪੰਜਾਬ ਦੈਨਿਕ ਨਿਊਜ਼ (ਮੁਨੀਸ਼ ਤੋਖੀ) ਅੱਜ ਸ਼੍ਰੋਮਣੀ ਅਕਾਲੀ ਦਲ ਦੇ ਜਲੰਧਰ ਕੈਂਟ ਹਲਕੇ ਦੇ ਇੰਚਾਰਜ ਹਰਜਾਪ ਸਿੰਘ ਸੰਘਾ ਨਾਲ ਡੀ.ਪੀ.ਆਈ. ਪਾਰਟੀ ਦੇ ਪ੍ਰਧਾਨ ਰੋਹਨ ਚੱਢਾ ਨੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਜਲੰਧਰ ਕੈਂਟ ਹਲਕੇ ਦੇ ਮੌਜੂਦਾ ਸਿਆਸੀ ਹਾਲਾਤਾਂ, ਪਾਰਟੀ ਦੀ ਮੌਜੂਦਾ ਸਥਿਤੀ ਅਤੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਚੋਣਾਂ ਵਿੱਚ ਪਾਰਟੀ ਦੀ ਭੂਮਿਕਾ,ਜਥੇਬੰਦੀ ਨੂੰ ਮਜ਼ਬੂਤ ਕਰਨ, ਲੋਕਾਂ ਨਾਲ ਬਿਹਤਰ ਤਾਲਮੇਲ ਬਣਾਉਣ ਅਤੇ ਚੋਣਾਂ ਸਬੰਧੀ ਰਣਨੀਤੀਆਂ ਬਾਰੇ ਵੀ ਗੱਲਬਾਤ ਹੋਈ। ਦੋਵਾਂ ਆਗੂਆਂ ਨੇ ਲੋਕਤੰਤਰਿਕ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਅਤੇ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇਣ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਹ ਮੁਲਾਕਾਤ ਜਲੰਧਰ ਕੈਂਟ ਦੇ ਸਿਆਸੀ ਮਾਹੌਲ ਅਤੇ ਆਉਣ ਵਾਲੀਆਂ ਚੋਣਾਂ ਸਬੰਧੀ ਵਿਚਾਰਾਂ ਦੇ ਅਦਾਨ-ਪ੍ਰਦਾਨ ਦੇ ਮੱਦੇਨਜ਼ਰ ਅਹਿਮ ਰਹੀ।
