






ਜਲੰਧਰ 18 ਨਵੰਬਰ ਪੰਜਾਬ ਦੈਨਿਕ ਨਿਊਜ਼ (ਮੁਨੀਸ਼ ਤੋਖੀ) ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 756ਵਾਂ ਜਨਮ ਦਿਹਾੜਾ 22 ਨਵੰਬਰ, ਦਿਨ ਐਤਵਾਰ ਨੂੰ ਮਾਡਲ ਹਾਊਸ ਸਥਿਤ ਸੰਤ ਨਾਮਦੇਵ ਭਵਨ ਵਿਖੇ ਸੂਬਾ ਪੱਧਰ ’ਤੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਟਾਂਕ ਕਸ਼ੱਤਰੀ ਸਭਾ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਮਨੋਹਰ ਲਾਲ ਨੇ ਦੱਸਿਆ ਕਿ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਭਾਈ ਅਮਰਜੀਤ ਸਿੰਘ ਮਹਿਤਾਬ ਦਿੱਲੀ ਵਾਲੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ, ਜਦਕਿ ਮਹਾਂਮੰਡਲੇਸ਼ਵਰ ਸਵਾਮੀ ਸ਼ਾਂਤਾ ਨੰਦ ਜੀ ਕਥਾ ਰਾਹੀਂ ਭਗਤ ਨਾਮਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਮਹਾਨ ਉਪਦੇਸ਼ਾਂ ਬਾਰੇ ਚਾਨਣਾ ਪਾਉਣਗੇ। ਇਸ ਤੋਂ ਇਲਾਵਾ ਡਾ. ਮਿਹਰਬਾਨ ਸਿੰਘ ਭਗਤ ਨਾਮਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਬਾਣੀ ਸਬੰਧੀ ਆਪਣੇ ਵਿਚਾਰ ਪੇਸ਼ ਕਰਨਗੇ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਜਾਣਗੀਆਂ ਅਤੇ ਪੜ੍ਹਾਈ ਵਿੱਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ 80 ਸਾਲ ਤੋਂ ਵੱਧ ਉਮਰ ਦੇ ਸਭਾ ਮੈਂਬਰਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
