








ਜਲੰਧਰ 22 ਨਵੰਬਰ ਪੰਜਾਬ ਦੈਨਿਕ ਨਿਊਜ਼ (ਮੁਨੀਸ਼ ਤੋਖੀ) ਸ਼੍ਰੋਮਣੀ ਅਕਾਲੀ ਦਲ ਜਲੰਧਰ ਕੈਂਟ ਵੱਲੋਂ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸ. ਭਗਵੰਤ ਮਾਨ ਦੇ ਜਲੰਧਰ ਦੌਰੇ ਮੌਕੇ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਦੀ ਨਾਕਾਮੀ ਅਤੇ ਸਰਕਾਰ ਦੇ ਖੋਖਲੇ ਦਾਅਵਿਆਂ ਖ਼ਿਲਾਫ਼ ਸ੍ਰੀ ਗੁਰੂ ਰਵਿਦਾਸ ਚੌਂਕ ਵਿਖੇ ਕਾਲੇ ਝੰਡਿਆਂ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਹਰਜਾਪ ਸਿੰਘ ਸੰਘਾ ਨੇ ਕੀਤੀ। ਇਸ ਮੌਕੇ ਹਰਜਾਪ ਸਿੰਘ ਸੰਘਾ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਅੱਜ ਵੀ ਗੰਭੀਰ ਚੁਣੌਤੀ ਬਣੀ ਹੋਈ ਹੈ। ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਸਬੰਧੀ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਵੱਖਰੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਮੋਟਰਸਾਈਕਲ ਰੈਲੀਆਂ ਕੱਢਣ ਅਤੇ ਪ੍ਰਚਾਰ ਕਰਨ ਨਾਲ ਨਸ਼ਿਆਂ ਦਾ ਖਾਤਮਾ ਨਹੀਂ ਹੋ ਸਕਦਾ, ਸਗੋਂ ਨਸ਼ਾ ਤਸਕਰਾਂ, ਉਨ੍ਹਾਂ ਦੇ ਨੈੱਟਵਰਕ ਅਤੇ ਇਸ ਗੈਰ-ਕਾਨੂੰਨੀ ਕਾਰੋਬਾਰ ਨੂੰ ਚਲਾਉਣ ਵਾਲੇ ਤੰਤਰ ਵਿਰੁੱਧ ਠੋਸ ਅਤੇ ਨਿਰਪੱਖ ਕਾਰਵਾਈ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਦੀ ਆੜ ਵਿੱਚ ਨੌਜਵਾਨਾਂ ਨੂੰ ਕਥਿਤ ਝੂਠੇ ਮਾਮਲਿਆਂ ਵਿੱਚ ਫਸਾਉਣ ਅਤੇ ਬੇਵਜ੍ਹਾ ਪਰੇਸ਼ਾਨ ਕਰਨ ਸਬੰਧੀ ਮਿਲ ਰਹੀਆਂ ਸ਼ਿਕਾਇਤਾਂ ਵੀ ਚਿੰਤਾਜਨਕ ਹਨ। ਨਸ਼ਿਆਂ ਵਿਰੁੱਧ ਲੜਾਈ ਦੇ ਨਾਂ ’ਤੇ ਕਿਸੇ ਵੀ ਬੇਗੁਨਾਹ ਨੌਜਵਾਨ ਨਾਲ ਬੇਇਨਸਾਫ਼ੀ ਨਹੀਂ ਹੋਣੀ ਚਾਹੀਦੀ। ਅਸਲ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਦੇ ਨਾਲ-ਨਾਲ ਨੌਜਵਾਨਾਂ ਦੇ ਭਵਿੱਖ ਦੀ ਰੱਖਿਆ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣਾ ਵੀ ਸਰਕਾਰ ਦੀ ਜ਼ਿੰਮੇਵਾਰੀ ਹੈ। ਹਰਜਾਪ ਸਿੰਘ ਸੰਘਾ ਨੇ ਪੰਜਾਬ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਜੇਕਰ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਇੰਨੀ ਪ੍ਰਭਾਵਸ਼ਾਲੀ ਹੈ ਤਾਂ ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਪੂਰੀ ਤਰ੍ਹਾਂ ਖ਼ਤਮ ਕਿਉਂ ਨਹੀਂ ਹੋਈ? ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿਰਫ਼ ਪ੍ਰਚਾਰ ਕਰਨ ਦੀ ਬਜਾਏ ਆਪਣੇ ਕੰਮ ਅਤੇ ਜ਼ਮੀਨੀ ਨਤੀਜਿਆਂ ਰਾਹੀਂ ਲੋਕਾਂ ਨੂੰ ਜਵਾਬ ਦੇਣਾ ਚਾਹੀਦਾ ਹੈ। ਇਸ ਰੋਸ ਪ੍ਰਦਰਸ਼ਨ ਵਿੱਚ ਸ਼੍ਰੋਮਣੀ ਅਕਾਲੀ ਦਲ ਜਲੰਧਰ ਕੈਂਟ ਦੇ ਜਥੇਦਾਰਾਂ, ਸਰਕਲ ਪ੍ਰਧਾਨਾਂ, ਯੂਥ ਆਗੂਆਂ, ਸੀਨੀਅਰ ਆਗੂਆਂ ਅਤੇ ਪਾਰਟੀ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਹਰਜਾਪ ਸਿੰਘ ਸੰਘਾ ਨੇ ਸਮੂਹ ਪਾਰਟੀ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਰਕਰਾਂ ਦੀ ਇਕਜੁੱਟਤਾ, ਅਨੁਸ਼ਾਸਨ ਅਤੇ ਦ੍ਰਿੜ੍ਹਤਾ ਹੀ ਪਾਰਟੀ ਦੀ ਅਸਲ ਤਾਕਤ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਕਰਨਾ, ਨਸ਼ਿਆਂ ਦਾ ਖਾਤਮਾ ਕਰਨਾ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣਾ ਸ਼੍ਰੋਮਣੀ ਅਕਾਲੀ ਦਲ ਦੀ ਮੁੱਖ ਤਰਜੀਹ ਹੈ। ਪਾਰਟੀ ਇਨ੍ਹਾਂ ਮੁੱਦਿਆਂ ’ਤੇ ਲੋਕਾਂ ਦੀ ਆਵਾਜ਼ ਬਣ ਕੇ ਆਪਣਾ ਸੰਘਰਸ਼ ਲਗਾਤਾਰ ਜਾਰੀ ਰੱਖੇਗੀ।
MUNISH TOKHI