ਕਪੂਰਥਲਾ ਪੰਜਾਬ ਦੈਨਿਕ ਨਿਊਜ਼ (ਰਵਿੰਦਰ ਰਵੀ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਨਿਚਰਵਾਰ ਨੂੰ ਦਾਅਵਾ ਕੀਤਾ ਕਿ ਬੀਤੇ ਦਿਨੀਂ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਨਿਜ਼ਾਮਪੁਰ ਵਿੱਚ ਕਥਿਤ ‘ਬੇਅਦਬੀ’ ਦੀ ਘਟਨਾ ਦਰਅਸਲ ‘ਬੇਅਦਬੀ’ ਦੀ ਘਟਨਾ ਨਹੀਂ ਸੀ ਅਤੇ ਇਸ ਮਾਮਲੇ ਵਿੱਚ ਧਾਰਾ 302 ਤਹਿਤ ਕਤਲ ਦਾ ਕੇਸ ਦਰਜ ਕੀਤਾ ਜਾ ਰਿਹਾ ਹੈ।ਮੁੱਖ ਮੰਤਰੀ ਵੱਲੋਂ ਇਹ ਦਾਅਵਾ ਸਵੇਰੇ 10 ਵਜੇ ਸ਼ੁਰੂ ਕੀਤੇ ਆਪਣੇ ਪੱਤਰਕਾਰ ਸੰਮੇਲਨ ਦੌਰਾਨ ਕੀਤਾ ਗਿਆ ਸੀ ਅਤੇ ਇਸ ਦੇ ਕੁਝ ਸਮੇਂ ਬਾਅਦ ਹੀ ਇਹ ਖ਼ਬਰ ਆਈ ਕਿ ਕਪੂਰਥਲਾ ਪੁਲਿਸ ਵੱਲੋਂ ਇਸ ਸੰਬੰਧ ਵਿੱਚ ਕਤਲ ਦੀ ਧਾਰਾ 302 ਅਤੇ ਹੋਰ ਸੰਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਜਿਸ ਵਿੱਚ ਡੇਰੇ ਦੇ ਗ੍ਰੰਥੀ ਅਮਰਜੀਤ ਸਿੰਘ ਨੂੰ ਮੁੱਖ ਦੋਸ਼ੀ ਵੱਜੋਂ ਨਾਮਜ਼ਦ ਕੀਤਾ ਗਿਆ ਹੈ ਜਦਕਿ ਕੁਝ ਹੋਰ ਵਿਅਕਤੀਆਂ ਦਾ ਵੀ ਇਸ ਵਿੱਚ ਜ਼ਿਕਰ ਕੀਤਾ ਗਿਆ ਹੈ ਜਿਨ੍ਹਾਂ ਦੀਆਂ ਤਸਵੀਰਾਂ ਅਤੇ ਵੀਡੀਓ ਆਦਿ ਦੇ ਆਧਾਰ ’ਤੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।
ਯਾਦ ਰਹੇ ਕਿ ਇਸ ਮਾਮਲੇ ਵਿੱਚ ਸ਼ਾਮਲ ਵਿਅਕਤੀ ਰਾਤ ਸਮੇਂ ਨਿਜ਼ਾਮਪੁਰ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋਇਆ ਸੀ ਅਤੇ ਉਸ ਦੀ ਵੀ ਕੋਈ ਪਛਾਣ ਨਹੀਂ ਹੋ ਸਕੀ ਸੀ ਕਿਉਂਕਿ ਉਸ ਕੋਲੋਂ ਕੋਈ ਵੀ ਪਛਾਣ ਪੱਤਰ ਜਾਂ ਮੋਬਾਇਲ ਆਦਿ ਬਰਾਮਦ ਨਹੀਂ ਹੋਇਆ ਸੀ। ਇਸ ਤੋਂ ਪਹਿਲਾਂ ਅੰਮ੍ਰਿਤਸਰ ਵਿੱਚ ਸ੍ਰੀ ਦਰਬਾਰ ਸਾਹਿਬ ਵਿਖ਼ੇ ਸੱਚਖੰਡ ਦੇ ਅੰਦਰ ਜੰਗਲਾ ਟੱਪ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਕਰਨ ਅਤੇ ਉੱਥੇ ਪਈ ਵੱਡੀ ਸਿਰੀ ਸਾਹਿਬ ਚੁੱਕਣ ਵਾਲੇ ਦੋਸ਼ੀ ਦੀ ਵੀ ਕੋਈ ਪਛਾਣ ਹਾਸਲ ਨਹੀਂ ਹੋ ਸਕੀ ਸੀ ਕਿਉਂਕਿ ਉਸ ਕੋਲੋਂ ਵੀ ਕੋਈ ਪਛਾਣ ਪੱਤਰ, ਬਟੂਆ ਮੋਬਾਇਲ ਆਦਿ ਬਰਾਮਦ ਨਹੀਂ ਹੋਇਆ ਸੀ।



