ਚੰਡੀਗੜ੍ਹ 29 ਨਵੰਬਰ (Punjab Dainik News) ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਆਪਣੀਆਂ ਮੰਗਾਂ ਦੇ ਠੋਸ ਨਿਪਟਾਰੇ ਲਈ 30 ਨਵੰਬਰ ਨੂੰ ਸੰਗਰੂਰ ਸਥਿਤ ਮੁੱਖ ਮੰਤਰੀ ਦੇ ਘਰ ਦਾ ਕੁੰਡਾਂ ਖੜਕਾਉਣ ਵਾਲੇ ਐਕਸ਼ਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।ਇਸ ਐਕਸ਼ਨ ਵਿੱਚ ਪੰਜਾਬ ਭਰ ਤੋਂ ਕਾਫ਼ਲਿਆਂ ਦੇ ਰੂਪ ਵਿੱਚ ਹਜ਼ਾਰਾਂ ਬੇਜ਼ਮੀਨੇ ਮਜ਼ਦੂਰ ਮਰਦ ਔਰਤਾਂ ਸ਼ਮੂਲੀਅਤ ਕਰਨਗੀਆਂ।ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੇ ਦੱਸਿਆ ਕਿ 30 ਨਵੰਬਰ ਨੂੰ ਹਰ ਹਾਲ ਸੰਗਰੂਰ ਸਥਿਤ ਮੁੱਖ ਮੰਤਰੀ ਦੇ ਘਰ ਦਾ ਕੁੰਡਾਂ ਖੜਕਾਇਆ ਜਾਵੇਗਾ। ਕੁੰਡਾਂ ਖੜਕਾਉਣ ਲਈ ਪੰਜਾਬ ਭਰ ਦੇ ਹਜ਼ਾਰਾਂ ਮਜ਼ਦੂਰ ਭੱਬਾ ਭਾਰ ਹਨ।ਉਨ੍ਹਾਂ ਦੱਸਿਆ ਕਿ ਬਦਲਾਅ ਦਾ ਨਾਹਰਾ ਦੇ ਕੇ ਸੱਤਾ ਵਿੱਚ ਆਈ ਭਗਵੰਤ ਸਿੰਘ ਮਾਨ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਂਗ ਹੀ ਮਜ਼ਦੂਰ ਵਿਰੋਧੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰ ਮੰਗਾਂ ਵਿੱਚ ਉਹ ਮੰਗਾਂ ਵੀ ਸ਼ਾਮਲ ਹਨ, ਜਿਹਨਾਂ ਨੂੰ ਲਾਗੂ ਕਰਨ ‘ਤੇ ਨਿੱਕਾ ਧੇਲਾ ਤੱਕ ਖ਼ਰਚ ਨਹੀਂ ਆਉਣਾ। ਫ਼ਿਰ ਸਰਕਾਰ ਦੀ ਨੀਅਤ ਤੇ ਨੀਤੀ ਮਜ਼ਦੂਰ ਵਿਰੋਧੀ ਹੋਣ ਕਾਰਨ ਮੰਨੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਗਿਆ।ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ 3 ਅਕਤੂਬਰ ਨੂੰ ਮਜ਼ਦੂਰ ਮੋਰਚੇ ਨਾਲ਼ ਤਹਿ ਕੀਤੀ ਮੀਟਿੰਗ ਰੱਦ ਕਰਨ ਤੋਂ ਬਾਅਦ ਮੁੜ ਮੀਟਿੰਗ ਲਈ ਸਮਾਂ ਨਾ ਦੇਣ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੀਤੀ ਗਈ ਮੀਟਿੰਗ ‘ਚ ਮੰਨੀਆਂ ਮੰਗਾਂ ਉੱਪਰ ਜਾਤੀ ਵਿਤਕਰੇਬਾਜ਼ੀ ਕਾਰਨ ਕੋਈ ਅਮਲ ਨਾ ਕੀਤਾ ਗਿਆ।ਜਿਸ ਕਾਰਨ ਮਜ਼ਦੂਰ ਵਰਗ ‘ਚ ਆਪ ਸਰਕਾਰ ਅਤੇ ਮੁੱਖ ਮੰਤਰੀ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਮਜ਼ਦੂਰ ਮੰਗਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਜ਼ਦੂਰਾਂ ਦੇ ਸਾਲ ਭਰ ਦੇ ਰੁਜ਼ਗਾਰ ਦੀ ਗਰੰਟੀ ਤੇ ਦਿਹਾੜੀ 700 ਰੁਪਏ ਕਰਨ, ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਸਸਤੇ ਭਾਅ ਮਜ਼ਦੂਰਾਂ ਨੂੰ ਦੇਣ, ਗੁਲਾਬੀ ਸੁੰਡੀ ਕਾਰਨ ਖ਼ਰਾਬ ਨਰਮੇ ਦਾ ਮਜ਼ਦੂਰਾਂ ਨੂੰ ਤਹਿ ਕੀਤਾ ਮੁਆਵਜ਼ਾ ਦੇਣ,ਬੇਘਰਿਆਂ ਤੇ ਲੋੜਵੰਦਾਂ ਪਲਾਟ ਦੇਣ, ਕੱਟੇ ਪਲਾਟਾਂ ਦਾ ਕਬਜ਼ਾ ਦੇਣ, ਕਰਜ਼ੇ ਮੁਆਫ਼ ਕਰਨ, ਖੁਦਕੁਸ਼ੀ ਪੀੜਤਾਂ ਨੂੰ ਮੁਆਵਜ਼ਾ ਦੇਣ, ਬੁਢਾਪਾ,ਵਿਧਵਾ, ਅੰਗਹੀਣ ਪੈਂਨਸ਼ਨਾਂ ਦੀ ਰਕਮ ਪੰਜ ਹਜ਼ਾਰ ਰੁਪਏ ਕਰਨ ,ਬੁਢਾਪਾ ਪੈਨਸ਼ਨ ਲਈ ਉਮਰ ਹੱਦ ਘਟਾਉਣ ਅਤੇ ਦਲਿਤਾਂ ‘ਤੇ ਜ਼ਬਰ ਬੰਦ ਕਰਨ ਅਤੇ ਸੰਘਰਸ਼ਾਂ ਦੌਰਾਨ ਦਰਜ ਕੇਸ ਰੱਦ ਕਰਨ ਆਦਿ ਸ਼ਾਮਲ ਹਨ।
